ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਨੂੰਨਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਨੂੰਨ ਬਣਾਏ ਗਏ ਹਨ, ਜਿਨ੍ਹਾਂ ਦਾ ਵਾਦਵਿਵਾਦ ਬਹੁਤ ਗਰਮਾਇਆ ਹੋਇਆ ਹੈ। ਸਾਰੇ ਭਾਰਤ ਦੇ ਇਕੱਲੇ ਕਿਸਾਨ ਹੀ ਨਹੀਂ ਸਗੋਂ ਹਰ ਖਪਤਕਾਰ ਚਿੰਤਾ ਵਿਚ ਹੈ। ਛੋਟਾ ਵਿਓਪਾਰੀ ਵੀ ਆਪਣਾ ਭਵਿਖ ਖ਼ਤਰੇ ਵਿਚ ਮਹਿਸੂਸ ਕਰ ਰਿਹਾ ਹੈ ਕਿਉਂਕਿ ਵੱਡੇ ਵਿਓਪਾਰੀਆਂ ਦੀ ਮਛਲੀ ਨੇ ਛੋਟੇ ਵਿਓਪਾਰੀਆਂ ਨੂੰ ਨਿਗਲ ਜਾਣਾ ਹੈ। ਜਿਹੜੇ ਧੰਧੇ ਖੇਤੀਬਾੜੀ ਤੇ ਨਿਰਭਰ ਅਤੇ ਸੰਬੰਧਤ ਹਨ, ਉਨ੍ਹਾਂ ਲਈ ਵੀ ਆਪਣੇ ਅਸਤਿਤਵ ਦਾ ਸਵਾਲ ਖੜ੍ਹਾ ਹੋ ਗਿਆ ਹੈ। ਮਜ਼ਦੂਰ ਨੂੰ ਵੀ ਵਿਹਲਾ ਹੋ ਜਾਣ ਦਾ ਡਰ ਪੈਦਾ ਹੋ ਗਿਆ ਹੈ। ਫੜ੍ਹੀਆਂ ਅਤੇ ਰੇਹੜੀਆਂ ਵਾਲੇ ਤਾਂ ਪਹਿਲਾਂ ਹੀ ਦੋ ਡੰਗ ਦੀ ਰੋਟੀ ਲਈ ਗਲੀਆਂ ਦੇ ਚਕਰ ਲਗਾਕੇ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ। ਇਨ੍ਹਾਂ ਕਾਨੂੰਨਾ ਤੋਂ ਬਾਅਦ ਉਹ ਕਿਧਰ ਜਾਣਗੇ ਕਿਉਂਕਿ ਸਾਰਾ ਵਿਓਪਾਰ ਹੀ ਵੱਡੇ ਵਿਓਪਾਰੀਆਂ ਦੀ ਗਿ੍ਫਤ ਵਿਚ ਆ ਜਾਵੇਗਾ। ਅਜਿਹੇ ਹਾਲਾਤ ਵਿਚ ਚੁਣੇ ਹੋਏ ਨੁਮਾਇੰਦਿਆਂ, ਖਾਸ ਤੌਰ ਤੇ ਸੰਸਦ ਮੈਂਬਰਾਂ ਕਿਉਂਕਿ ਇਹ ਕਾਨੂੰਨ ਕੇਂਦਰ ਸਰਕਾਰ ਨੇ ਬਣਾਏ ਹਨ, ਉਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਜ਼ਿੰਮੇਵਾਰੀ ਵੱਧ ਜਾਂਦੀ ਹੈ। ਵੋਟਰਾਂ ਨੂੰ ਵੀ ਉਨ੍ਹਾਂ ਤੇ ਹੀ ਟੇਕ ਹੁੰਦੀ ਹੈ। ਪ੍ਰੰਤੂ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਕੁਝ ਕੁ ਨੂੰ ਛੱਡ ਕੇ ਬਾਕੀ ਸਾਡੇ ਚੁਣੇ ਹੋਏ ਨੁਮਾਇੰਦੇ ਕੁੰਭਕਰਨ ਦੀ ਨੀਂਦ ਸੁਤੇ ਪਏ ਹਨ। ਇਸ ਲਈ ਆਮ ਜਨਤਾ ਕਿਸਾਨ ਅੰਦੋਲਨ ਦੀ ਸਫਲਤਾ ਉਪਰ ਹੀ ਆਸ ਲਾਈ ਬੈਠੀ ਹੈ। ਸਾਰੇ ਸੰਸਾਰ ਵਿਚੋਂ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਆਵਾਜ਼ਾਂ ਆ ਰਹੀਆਂ ਹਨ। ਇਹ ਕਾਨੂੰਨਾਂ ਨੂੰ ਜਦੋਂ ਸੰਸਦ ਵਿਚ ਪਾਸ ਕਰਨ ਲਈ ਪੇਸ਼ ਕੀਤਾ ਗਿਆ ਉਦੋਂ ਵੀ ਵਿਰੋਧੀ ਪਾਰਟੀਆਂ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਵੈਸੇ ਤਾਂ ਸਾਰੇ ਭਾਰਤ ਦੇ ਅਤੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਫਰਜ਼ ਬਣਦਾ ਹੈ ਕਿ ਆਪਣੇ ਵੋਟਰਾਂ ਦੇ ਹਿੱਤਾਂ ਨੂੰ ਮੁੱਖ ਰੱਖਕੇ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕਰਨ ਪ੍ਰੰਤੂ ਪੰਜਾਬ ਅਤੇ ਹਰਿਆਣਾ ਵਿਚ ਸਾਰੇ ਰਾਜਾਂ ਤੋਂ ਵਧੇਰੇ ਖੇਤੀਬਾੜੀ ਦਾ ਕਾਰੋਬਾਰ ਹੁੰਦਾ ਹੈ। ਇਸ ਲਈ ਇਸਦੇ ਬਹੁਤੇ ਵੋਟਰ ਕਿਸਾਨ ਹਨ। ਇਨ੍ਹਾਂ ਰਾਜਾਂ ਦੇ ਸੰਸਦ ਮੈਂਬਰਾਂ ਦੀ ਹੋਰ ਵੀ ਜ਼ਿੰਮੇਵਾਰੀ ਵਧ ਜਾਂਦੀ ਹੈ। ਪੰਜਾਬ ਦੇ ਕਿਸਾਨਾ ਨੇ ਤਾਂ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ਸ਼ੁਰੂ ਕੀਤਾ ਹੈ। ਦੂਜੇ ਨੰਬਰ ਤੇ ਹਰਿਆਣਾ ਆਉਂਦਾ ਹੈ, ਜਿਥੋਂ ਦੇ ਕਿਸਾਨਾ ਨੇ ਡਟਕੇ ਸਾਥ ਦਿੱਤਾ ਹੈ। ਪੰਜਾਬ ਦੇ ਕਿਸਾਨਾ ਨੇ ਲੀਡ ਸੂਬੇ ਦੇ ਤੌਰ ਤੇ ਅਗਵਾਈ ਕੀਤੀ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੂੰ ਵੀ ਸੰਸਦ ਵਿਚ ਜ਼ੋਰਦਾਰ ਢੰਗ ਨਾਲ ਇਨ੍ਹਾਂ ਕਾਨੂੰਨਾ ਦੇ ਵਿਰੋਧ ਵਿਚ ਬੋਲਣਾ ਚਾਹੀਦਾ ਸੀ, ਪ੍ਰੰਤੂ ਪੰਜਾਬ ਦੇ 20 ਸੰਸਦ ਮੈਂਬਰਾਂ ਵਿਚੋਂ ਸਿਰਫ 5 ਕਾਂਗਰਸ, 3 ਅਕਾਲੀ ਦਲ ਅਤੇ ਇਕ ਆਮ ਆਦਮੀ ਪਾਰਟੀ ਕੁਲ 10 ਮੈਂਬਰਾਂ ਨੇ ਇਨ੍ਹਾਂ ਕਾਨੂੰਨਾ ਨੂੰ ਰੱਦ ਕਰਨ ਲਈ ਦਲੀਲਾਂ ਨਾਲ ਵਿਚਾਰ ਪ੍ਰਗਟ ਕੀਤੇ ਹਨ। ਦੁੱਖ ਇਸ ਗੱਲ ਦਾ ਹੈ ਕਿ ਬਾਕੀ ਮੈਂਬਰ ਕਿਉਂ ਮੂੰਹਾਂ ਵਿਚ ਘੁੰਗਣੀਆਂ ਪਾਈ ਬੈਠੇ ਹਨ। ਕਾਂਗਰਸ ਪਾਰਟੀ ਦੇ 8 ਲੋਕ ਸਭਾ ਅਤੇ ਤਿੰਨ ਰਾਜ ਸਭਾ ਦੇ ਮੈਂਬਰ ਹਨ। ਅਕਾਲੀ ਦਲ ਦੇ ਦੋ ਲੋਕ ਸਭਾ ਅਤੇ ਤਿੰਨ ਰਾਜ ਸਭਾ ਦੇ ਮੈਂਬਰ ਹਨ। ਲੋਕ ਸਭਾ ਦਾ ਇਕ ਮੈਂਬਰ ਆਮ ਆਦਮੀ ਪਾਰਟੀ ਦਾ ਹੈ। ਦੋ ਭਾਰਤੀ ਜਨਤਾ ਪਾਰਟੀ ਦੇ ਹਨ।
*** ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ |