ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰਨ ਲੱਗ ਪਏ ਹਨ ਕਿਉਂਕਿ ਬੇਅਦਬੀ ਦੇ ਮਸਲੇ ‘ਤੇ ਉਹ ਇਨਸਾਫ਼ ਨਹੀਂ ਦੇ ਸਕੇ। ਜਿਸ ਕਰਕੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਵੀ ਨਹੀਂ ਬਣਾ ਸਕਿਆ। ਲੋਕ ਸਭਾ ਦੀਆਂ ਚੋਣਾ ਵਿਚ ਅਕਾਲੀ ਦਲ ਸਿਰਫ ਦੋ ਬਠਿੰਡਾ ਅਤੇ ਫੀਰੋਜਪੁਰ ਦੀਆਂ ਸੀਟਾਂ ਹੀ ਜਿੱਤ ਸਕਿਆ। ਅਕਾਲੀ ਦਲ ਲਗਾਤਾਰ ਗ਼ਲਤੀ ਤੇ ਗ਼ਲਤੀ ਕਰਦਾ ਗਿਆ। ਬੇਅਦਬੀ ਕੇਸ ਵਿਚ ਸੀ ਬੀ ਆਈ ਤੋਂ ਕਲੋਜਰ ਰਿਪੋਰਟ ਦਿਵਾ ਦਿੱਤੀ ਕਿਉਂਕਿ ਬੀਬਾ ਹਰਸਿਮਰਤ ਕੌਰ ਕੇਂਦਰ ਸਰਕਾਰ ਵਿਚ ਮੰਤਰੀ ਸਨ। ਇਥੇ ਹੀ ਬਸ ਨਹੀਂ ਨਸ਼ਾ ਤਸਕਰੀ ਦੇ ਕੇਸ ਵੀ ਕਿਸੇ ਤਣ ਪੱਤਣ ਨਹੀਂ ਲੱਗਣ ਦਿੱਤੇ। ਇਹ ਗਠਜੋੜ ਕਰਕੇ ਬਹੁਜਨ ਸਮਾਜ ਪਾਰਟੀ ਬੇਅਦਬੀ ਦੀਆਂ ਘਟਨਾਵਾਂ ਦਾ ਇਨਸਾਫ ਨਾ ਦਿਵਾਉਣ ਵਿਚ ਹਿੱਸੇਦਾਰ ਬਣ ਗਈ ਹੈ ਜਦੋਂ ਕਿ ਹੁਣ ਤੱਕ ਉਹ ਅਕਾਲੀ ਦਲ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿੰਮੇਵਾਰ ਠਹਿਰਾ ਰਹੀ ਸੀ। ਅਕਾਲੀ ਦਲ ਨੂੰ ਇਹ ਗਠਜੋੜ ਮਜ਼ਬੂਰੀ ਵਸ ਇਸ ਕਰਕੇ ਕਰਨਾ ਪਿਆ ਕਿਉਂਕਿ ਉਨ੍ਹਾਂ ਦਾ ਨਹੁੰ ਮਾਸ ਦਾ ਰਿਸ਼ਤਾ ਭਾਰਤੀ ਜਨਤਾ ਪਾਰਟੀ ਨਾਲੋਂ ਟੁੱਟ ਗਿਆ ਹੈ, ਨਹੁੰ ਤੇ ਮਾਸ ਦੇ ਵੱਖ਼ਰੇ ਹੋਣ ਨਾਲ ਭਾਰਤੀ ਜਨਤਾ ਪਾਰਟੀ ਦੀ ਵੋਟ ਖਾਸ ਤੌਰ ਤੇ ਸ਼ਹਿਰੀ ਵੋਟ ਉਨ੍ਹਾਂ ਨੂੰ ਨਹੀਂ ਮਿਲੇਗੀ। ਖੇਤੀਬਾੜੀ ਆਰਡੀਨੈਂਸ ਜ਼ਾਰੀ ਕਰਨ ਸਮੇਂ ਇਨ੍ਹਾਂ ਆਰਡੀਨੈਂਸਾਂ ਦੀ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਹਰ ਸੰਭਵ ਸਪੋਰਟ ਕਰਨ ਕਰਕੇ ਦਿਹਾਤੀ ਕਿਸਾਨ ਵੋਟ ਜਿਸਨੂੰ ਅਕਾਲੀ ਦਲ ਦਾ ਆਧਾਰ ਕਿਹਾ ਜਾਂਦਾ ਸੀ, ਉਹ ਵੀ ਦੂਰ ਹੋ ਗਈ। ਭਾਵੇਂ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਗਠਜੋੜ ਨਾਲੋਂ ਨਾਤਾ ਤੋੜ ਲਿਆ ਹੈ ਪ੍ਰੰਤੂ ਪੰਜਾਬ ਦੇ ਕਿਸਾਨ ਅਕਾਲੀ ਦਲ ਨੂੰ ਮੂੰਹ ਨਹੀਂ ਲਾ ਰਹੇ। ਇਨ੍ਹਾਂ ਵੋਟਾਂ ਦੀ ਭਰਪਾਈ ਲਈ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕੀਤਾ ਗਿਆ ਹੈ। ਦੂਜੇ ਸੁਖਦੇਵ ਸਿੰਘ ਢੀਂਡਸਾ ਅਤੇ ਬ੍ਰਹਮਪੁਰਾ ਵਾਲਾ ਅਕਾਲੀ ਦਲ ਵੀ ਉਨ੍ਹਾਂ ਦੀਆਂ ਜੜ੍ਹਾਂ ਵਿਚ ਤੇਲ ਦੇਵੇਗਾ। ਕੁਲ ਮਿਲਾਕੇ ਜੇ ਵੇਖਿਆ ਜਾਵੇ ਤਾਂ ਦੋਹਾਂ ਪਾਰਟੀਆਂ ਲਈ ਇਹ ਸਮਝੌਤਾ ਖਿਆਲੀ ਪਲਾਓ ਬਣਾਕੇ ਸੁੰਢ ਦੀ ਗੱਠੀ ਸਮਝਿਆ ਜਾ ਰਿਹਾ ਹੈ। ਦੋਵੇਂ ਪਾਰਟੀਆਂ ਸਰਕਾਰ ਬਣਾਉਣ ਦੇ ਸਪਨੇ ਲੈ ਰਹੀਆਂ ਹਨ। ਵੇਖਣ ਵਾਲੀ ਗੱਲ ਇਹ ਹੈ ਕਿ ਕੀ ਦੋਹਾਂ ਪਾਰਟੀਆਂ ਦੇ ਵੋਟਰ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਵਿਚ ਸਹਾਈ ਹੋਣਗੇ? |