ਕੁੜੀਆਂ ਦਾ ਚੂੜੀਆਂ ਨਾਲ ਬਹੁਤ ਪਿਆਰ ਪੁਰਾਣਾ ਰਿਸ਼ਤਾ ਹੈ। ਕਿਸੇ ਮੇਲੇ ,ਮੱਸਿਆ ਜਾਂ ਹੋਰ ਸ਼ਹਿਰ ਬਾਜ਼ਾਰ ਕੁੜੀਆਂ ਜਦੋ ਵੀ ਜਾਂਦੀਆਂ ਹਨ। ਉਸ ਸਮੇਂ ਬਾਕੀ ਚੀਜ਼ਾਂ ਬਾਅਦ ਵਿੱਚ, ਸਭ ਤੋਂ ਪਹਿਲਾਂ ਚੂੜੀਆਂ ਵਲ ਰੁੱਖ ਕਰਦੀਆਂ ਹਨ।
ਚੂੜੀਆਂ ਵੀ ਕਈ ਪ੍ਰਕਾਰ ਦੀਆਂ ਹੁੰਦੀਆਂ ਹਨ। ਖਾਸ ਕਰਕੇ ਕੁਆਰੀਆਂ ਕੁੜੀਆਂ ਰੰਗ ਬਿਰੰਗੀਆਂ ਚੂੜੀਆਂ ਨੂੰ ਪਹਿਲ ਦਿੰਦੀਆਂ ਹਨ। ਪਹਿਲਾਂ ਤਾਂ ਚੂੜੀਆਂ ਕੱਚ ਦੀਆਂ ਹੁੰਦੀਆਂ ਸਨ। ਅੱਜਕਲ ਫੈਂਸੀ ਜ਼ਮਾਨੇ ਵਿੱਚ ਫੈਂਸੀ ਚੂੜੀਆਂ ਦਾ ਰਿਵਾਜ਼ ਨਿਕਲ ਪਿਆ ਹੈ। ਜਦੋਂ ਕੁੜੀ ਦਾ ਵਿਆਹ ਰੱਖਿਆ ਜਾਂਦਾ ਹੈ ਤਾਂ ਮਾਮੇ ਸਭ ਤੋਂ ਪਹਿਲਾਂ ਆਪਣੀ ਭਣੇਵੀਂ ਨੂੰ ਵੱਧੀਆ ਹਾਥੀ ਦੇ ਦੰਦਾਂ ਦਾ ਚੂੜਾ ਚੜ੍ਹਾਉਂਦੇ ਹਨ। ਮੁੰਡੇ ਵਾਲੇ ਵੀ ਸ਼ਗਨ ਵਿੱਚ ਕੁੜੀ ਨੂੰ ਚੂੜੀਆਂ ਭੇਜਦੇ ਹਨ। ਚੂੜੀਆਂ ਜਾਂ ਚੂੜਾ ਇੱਕ ਸੁਹਾਗ ਦਾ ਪ੍ਰਤੀਕ ਹੁੰਦਾ ਹੈ। ਕਈ ਵਾਰੀ ਕੁੜੀਆਂ ਵਿਆਹ ਤੋਂ ਬਾਅਦ ਸਵਾ ਸਵਾ ਸਾਲ ਤੱਕ ਵਿਆਹ ਵਾਲਾ ਚੂੜਾ ਨਹੀਂ ਲੌਂਦੀਆਂ। ਕੁੜੀ ਦੀਆਂ ਬਾਹਵਾਂ ਵਿੱਚ ਚੂੜਾ ਵੇਖਦੇ ਹੀ ਪਤਾ ਚੱਲ ਜਾਂਦਾ ਹੈ ਕਿ ਕੁੜੀ ਵਿਆਹੀ ਹੈ ਜਾਂ ਕੁਆਰੀ। ਸਾਡੀ ਪੰਜਾਬੀ ਮਾਂ ਬੋਲੀ ਵਿੱਚ ਵੀ ਚੂੜੀਆਂ ਨੂੰ ਬਹੁਤ ਪਿਆਰ ਸਤਿਕਾਰ ਮਿਲਿਆ ਹੈ। ਅੱਜਕਲ ਤਾਂ ਜਿਹੋ ਜਿਹੇ ਸੂਟ ਉਹੋ ਜਿਹੀਆਂ ਚੂੜੀਆਂ ਨਾਲ ਪਾਉਂਦੀਆਂ ਨੇ ਕੁੜੀਆਂ। ਸਾਵਣ ਦੇ ਮਹੀਨੇ ਜਦੋ ਕੁੜੀਆਂ ਤੀਆਂ ਦਾ ਤਿਉਹਾਰ ਮਨਾਉਂਦੀਆਂ ਨੇ। ਪੀਘਾਂ ਝੂਟਦੀਆਂ ਹੋਈਆਂ ਆਪਣੀਆਂ ਵੰਗਾਂ ਵੀ ਛਨਕਾਉਂਦੀਆਂ ਹਨ। ਖੈਰ ਅੱਜਕਲ ਤਾਂ ਵਣਜਾਰੇ ਰਹਿ ਹੀ ਨਹੀਂ ਗਏ| ਪਹਿਲਾਂ ਜਦੋਂ ਕੁੜੀਆਂ ਸ਼ਹਿਰ ਬਾਜ਼ਾਰ ਨਹੀਂ ਸਨ ਜਾ ਸਕਦੀਆਂ। ਉਹਨਾਂ ਸਮਿਆਂ ਵਿੱਚ ਪਿੰਡਾਂ ਗਲੀਆਂ ਵਿੱਚ ਵਣਜਾਰੇ ਚੂੜੀਆਂ ਵੇਚਣ ਆਇਆ ਕਰਦੇ ਸਨ| ਕਈ ਵਾਰੀ ਘਰ ਵਿੱਚ ਇਕੱਲੀਆਂ ਨਣਾਨ ਭਰਜਾਈਆਂ ਹੀ ਹੁੰਦੀਆਂ। ਬਾਹਰੋਂ ਵਣਜਾਰੇ ਦੀ ਆਵਾਜ਼ ਸੁਣਾਈ ਦੇਣੀ ਕਿ ਚੂੜੀਆਂ, ਵੰਗਾਂ ਲੈ ਲਉ। ਨਨਾਣ ਨੇ ਭੱਜੀ ਭੱਜੀ ਆਉਣਾ ਤੇ ਕਹਿਣਾ ਭਾਬੀ ਵਣਜਾਰਾ ਆ ਗਿਆ ਹੈ ਤੂੰ ਚੂੜੀਆਂ ਚੜ੍ਹਾ ਲੈ। ਅਗੋਂ ਭਰਜਾਈ ਨੇ ਵੀ ਖੁਸ਼ ਹੋ ਜਾਣਾ। ਉਹਨਾਂ ਸਮਿਆਂ ਵਿੱਚ ਬਹੁਤ ਪਿਆਰ ਹੁੰਦਾ ਸੀ। ਇੱਕ ਦੂਜੇ ਉਤੋਂ ਨਣਾਨ ਭਰਜਾਈਆਂ ਜਾਨ ਵਾਰਦੀਆਂ ਹੁੰਦੀਆਂ ਸਨ। ਪਰ ਫਿਰ ਵੀ ਸਾਡੇ ਪੰਜਾਬੀ ਲੋਕ ਗੀਤ ਇਹਨਾਂ ਨੂੰ ਕੁੱਝ ਇਸ ਤਰਾਂ ਵੀ ਬਿਆਨ ਕਰਦੇ ਹਨ ਕਿ “ਆ ਗਿਆ ਵਣਜਾਰਾ ਨੀ ਚੜ੍ਹਾ ਲੈ ਭਾਬੀ ਚੂੜੀਆਂ ਉਹ ਅਗੋ ਆਖਦੀ ਕਿ ਗੁੱਸਾ ਡਾਢਾ ਭਾਰਾ ਨੀ ਨਣਦੇ ਤੇਰੇ ਵੀਰ ਦਾ” ਇਸ ਤਰਾਂ ਨੋਕ ਝੋਕ ਹੁੰਦੀ ਰਹਿੰਦੀ ਸੀ। ਪਰ ਅੱਜ ਵੀ ਚੂੜੀਆਂ ਦੀ ਬਹੁਤ ਮਹੱਤਤਾ ਹੈ| ਬਸ ਫਰਕ ਇੰਨਾ ਹੀ ਪਿਆ ਹੈ ਕਿ ਪਹਿਲਾਂ ਚੂੜੀਆਂ ਕੱਚ ਦੀਆਂ ਹੁੰਦੀਆਂ ਸਨ। ਅੱਜਕਲ ਅਮੀਰ ਲੋਕ ਸੋਨੇ ਦੀਆਂ ਚੂੜੀਆਂ ਪਾਉਣ ਲੱਗ ਪਏ ਹਨ। ਪਰ ਫਿਰ ਵੀ ਹਰ ਇੱਕ ਕੁੜੀ ਆਪਣੇ ਆਪ ਨੂੰ ਪੰਜਾਬਣ ਕਹਾਉਣ ਵਾਲੀ ਚੂੜੀਆਂ ਨੂੰ ਪਿਆਰ ਕਰਦੀ ਹੈ। |
*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ। |
ਸਵੈ-ਕਥਨ:
ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।
ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|
1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|
ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|
ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|
ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|
ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|
ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com
+91 75891 55501