|
ਭਾਰਤ ਸਰਕਾਰ ਦੇ ਰਖਿਆ ਮੰਤਰੀ ਰਾਜ ਨਾਥ ਸਿੰਘ ਦੇ ਫੈਸਲੇ ਦਾ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲਿਆਂ ਨੇ ਭਰਵਾਂ ਸਵਾਗਤ ਕੀਤਾ ਹੈ ਜਿਹਨਾਂ ਨੇ ਆਰਮੀ ਪਬਲਿਕ ਸਕੂਲਾਂ ਵਿਚ ਦੁਬਾਰਾ ਪੰਜਾਬੀ ਭਾਸ਼ਾ ਨੂੰ ਪੜ੍ਹਾਉਣ ਦੀ ਮੁੜ ਪ੍ਰਵਾਨਗੀ ਦੇ ਦਿਤੀ ਹੈ। ਪੂਰੇ ਸਮੁਚੇ ਭਾਰਤ ਵਿਚ ਕੇਂਦਰੀ ਵਿਦਿਆਲਿਆ ਸਕੂਲ ਚੱਲ ਰਹੇ ਹਨ ਪਰ ਹਰ ਇੱਕ ਬੱਚੇ ਨੂੰ ਉਹਨਾਂ ਸਕੂਲਾਂ ਵਿੱਚ ਦਾਖਲਾ ਨਹੀਂ ਮਿਲਦਾ ਜਿਸ ਕਰਕੇ ਕੇਂਦਰੀ ਵਿਦਿਆਲਿਆ ਸਕੂਲਾਂ ਦੇ ਨਾਲ ਨਾਲ ਆਰਮੀ ਪਬਲਿਕ ਸਕੂਲ ਵੀ ਸਥਾਪਿਤ ਕੀਤੇ ਗਏ। ਇਹ ਆਰਮੀ ਪਬਲਿਕ ਸਕੂਲ ਪੂਰੇ ਸਮੁਚੇ ਭਾਰਤ ਚੱਲ ਰਹੇ ਹਨ ਖਾਸ ਕਰਕੇ ਆਰਮੀ ਛਾਉਣੀਆਂ ਦੇ ਨਜ਼ਦੀਕ ਆਰਮੀ ਪਬਲਿਕ ਸਕੂਲ ਖੋਲ੍ਹੇ ਗਏ ਹਨ। ਕਿਉਂਕਿ ਆਰਮੀ ਵਿੱਚ ਨੌਕਰੀ ਕਰ ਰਹੇ ਸੈਨਿਕਾਂ ਦੇ ਬੱਚੇ ਕਦੇ ਕਿਸੇ ਸਟੇਸ਼ਨ ਤੇ ਕਦੇ ਕਿਸੇ ਸਟੇਸ਼ਨ ਤੇ ਜਾਂਦੇ ਹਨ, ਜਿਥੇ ਉਹਨਾਂ ਦੇ ਪਿਤਾ ਦੀ ਡਿਊਟੀ ਹੁੰਦੀ ਹੈ ਉਥੇ ਬੱਚੇ ਵੀ ਨਾਲ ਜਾਂਦੇ ਹਨ। ਇਹ ਗੱਲ ਪੱਕੀ ਪੱਕਾ ਨਹੀਂ ਕਿਉਂਕਿ ਕਈ ਸਟੇਸ਼ਨ ਇਹੋ ਜਿਹੇ ਹਨ ਜਿਥੇ ਸੈਨਿਕ ਆਪਣਾ ਪਰਿਵਾਰ ਤੇ ਬੱਚੇ ਨਾਲ ਨਹੀਂ ਰੱਖ ਸਕਦੇ ਜਿਵੇਂ ਕਿ ਖਾਸ ਕਰਕੇ ਲੇਹ ਲਦਾਖ਼, ਅਰੁਣਾਚਲ ਪ੍ਰਦੇਸ਼ ਦੇ ਤੁਵਾਂਗ ਇਲਾਕੇ ਵਿੱਚ ਜਿਸ ਨੂੰ ਕਿਸੇ ਸਮੇ ਨੇਫਾ ਵੀ ਕਿਹਾ ਜਾਂਦਾ ਸੀ। ਇਸ ਤੋਂ ਇਲਾਵਾ ਹੋਰ ਵੀ ਕਈ ਦੂਰ ਦੁਰਾਡੇ ਦੇ ਇਲਾਕੇ ਹਨ ਜਿੱਥੇ ਸੈਨਿਕ ਆਪਣੇ ਬੱਚਿਆਂ ਨੂੰ ਪੜ੍ਹਾਉਣ ਵਿਚ ਅਸਮਰੱਥ ਹੁੰਦੇ ਹਨ। ਉਹਨਾਂ ਨੂੰ ਫਿਰ ਜਾਂ ਤਾਂ ਆਪਣੇ ਪਿੰਡ ਰਹਿ ਕੇ ਬੱਚੇ ਪ੍ਰੜ੍ਹਾਉਣੇ ਪੈਂਦੇ ਨੇ ਜਾਂ ਫਿਰ ਆਰਮੀ ਪਬਲਿਕ ਸਕੂਲਾਂ ਵਿੱਚ ਪਰ ਇਹ ਗੱਲ ਸਾਰੇ ਭਾਰਤ ਦੀ ਸੀ। ਜੇਕਰ ਅਸੀਂ ਗੱਲ ਕਰੀਏ ਇੱਕਲੇ ਪੰਜਾਬੀਆਂ ਦੀ, ਸਾਡੇ ਬੱਚਿਆਂ ਲਈ ਮਾਂ ਬੋਲੀ ਪੰਜਾਬੀ ਪੜ੍ਹਨੀ ਬਹੁਤ ਜ਼ਰੂਰੀ ਹੈ। ਇਸ ਕਰਕੇ ਜਿੱਥੇ ਵੀ ਆਰਮੀ ਪਬਲਿਕ ਸਕੂਲ ਮਜੂਦ ਹਨ। ਉਹਨਾਂ ਵਿੱਚ, ਇੰਗਲਿਸ਼ ,ਹਿੰਦੀ ਤੇ ਸੰਸਕ੍ਰਿਤ ਦੇ ਨਾਲ ਪੰਜਾਬੀ ਭਾਸ਼ਾ ਦਾ ਲਾਗੂ ਹੋਣਾ ਬਹੁਤ ਜ਼ਰੂਰੀ ਸੀ ਪਰ ਪਿਛਲੇ ਸਮੇ ਤੋਂ ਸਿਰਫ ਇੰਗਲਿਸ਼, ਹਿੰਦੀ ਤੇ ਸੰਸਕ੍ਰਿਤ ਹੀ ਲਾਗੂ ਕੀਤੀ ਗਈ ਸੀ। ਪੰਜਾਬੀ ਮਾਂ ਬੋਲੀ ਦੇ ਸਪੂਤਾਂ ਨੇ ਆਪਣੀ ਇਸ ਮੰਗ ਨੂੰ, ਰੱਖਿਆ ਮੰਤਰੀ ਮਾਨਯੋਗ ਰਾਜ ਨਾਥ ਸਿੰਘ ਦੇ ਸਾਹਮਣੇ ਰੱਖਿਆ ਜਿਸ ਕਰਕੇ ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਪਹਿਲਾਂ ਵਾਂਗ ਹੀ ਪੜ੍ਹਾਈ ਜਾਵੇਗੀ। ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਜਲੰਧਰ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਹੁਣ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਭਾਸ਼ਾ ਪੜ੍ਹਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਇਸ ਦੀ ਥਾਂ ਪੰਜਾਬੀ ਮਾਂ ਬੋਲੀ ਨੂੰ ਪਹਿਲਾਂ ਵਾਂਗ ਹੀ ਛੇਵੀਂ ਤੋਂ ਅੱਠਵੀਂ ਤੱਕ ਬੱਚਿਆਂ ਨੂੰ ਪੜ੍ਹਨ ਦੀ ਖੁੱਲ੍ਹ ਦੇ ਦਿੱਤੀ ਗਈ ਹੈ। ਅਸੀਂ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦੇ ਹਾਂ |ਜਿਨ੍ਹਾਂ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਇਸ ਮਸਲੇ ਵੱਲ ਧਿਆਨ ਦੇਣ ਲਈ ਕਿਹਾ। ਕੇਂਦਰੀ ਰੱਖਿਆ ਮੰਤਰੀ ਰਾਜ ਨਾਥ ਸਿੰਘ ਨੇ ਵੀ ਪੂਰਾ ਸਹਿਯੋਗ ਦਿੱਤਾ ਅਤੇ ਹੁਣ ਫਿਰ ਦੁਬਾਰਾ ਤੋਂ ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਪਹਿਲਾਂ ਵਾਂਗ ਹੀ ਪੜ੍ਹਾਈ ਜਾਵੇਗੀ। ਪੰਜਾਬੀ ਮਾਂ ਬੋਲੀ ਨੂੰ ਪਹਿਲਾਂ ਵਾਂਗ ਹੀ ਛੇਵੀਂ ਤੋਂ ਅੱਠਵੀਂ ਤੱਕ ਬੱਚਿਆਂ ਨੂੰ ਪੜ੍ਹਨ ਦੀ ਖੁੱਲ੍ਹ ਦੇ ਦਿੱਤੀ ਗਈ ਹੈ ਜਿਸ ਕਰਕੇ ਪੰਜਾਬੀ ਮਿਲਟਰੀ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਉੱਠੀ ਹੈ। ਪੂਰੀ ਦੁਨੀਆਂ ਵਿੱਚ ਪੰਜਾਬੀ ਮਾਂ ਬੋਲੀ ਦਸਵੇਂ ਸਥਾਨ ਤੇ ਹੈ ਪਰ ਸਮੁਚੇ ਭਾਰਤ ਵਿੱਚ ਇਸ ਨੂੰ ਪਾਸੇ ਕਰਨ ਦੀ ਕੋਸਿਸ ਕੀਤੀ ਜਾ ਰਹੀ ਹੈ। ਪੰਜਾਬੀ ਮਾਂ ਬੋਲੀ ਦਾ ਸਤਿਕਾਰ ਹਮੇਸ਼ਾਂ ਬਰਕਰਾਰ ਰਹਿਣਾ ਚਾਹੀਦਾ ਹੈ। ਪੰਜਾਬੀ ਬੋਲੋ,ਪੰਜਾਬੀ ਪੜ੍ਹੋ ਤੇ ਪੰਜਾਬੀ ਲਿਖੋ। ਸਾਡਾ ਸਾਰਿਆਂ ਦਾ ਇਹੋ ਹੀ ਵਿਚਾਰ ਹੋਣਾ ਚਾਹੀਦਾ ਹੈ। |
|
*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ। |
ਸਵੈ-ਕਥਨ:
ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।
ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|
1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|
ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|
ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|
ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|
ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|
ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com
+91 75891 55501

by 