ਭਾਰਤ ਰੁੱਤਾਂ ਦਾ ਦੇਸ਼ ਹੈ। ਇੱਥੇ ਆਪਣੀ-ਆਪਣੀ ਵਾਰੀ ਨਾਲ ਛੇ ਰੁੱਤਾਂ ਆਉਂਦੀਆਂ ਹਨ| ਗਰਮੀ ਰੁੱਤ, ਵਰਖਾ ਰੁੱਤ, ਸਰਦ ਰੁੱਤ, ਪੱਤਝੜ ਰੁੱਤ, ਸੀਤ ਰੁੱਤ ਤੇ ਬਸੰਤ ਰੁੱਤ| ਤਿਉਹਾਰ ਵੀ ਰੁੱਤਾਂ ਮੁਤਾਬਿਕ ਮਨਾਏ ਜਾਂਦੇ ਹਨ| ਥਿਤ ਵਾਰ ਮੁਤਾਬਿਕ ਦੇਸੀ ਮਹੀਨੇ ਵੀ ਬਦਲਦੇ ਹਨ| ਮਹੀਨਿਆਂ ਦੇ ਮੁਤਾਬਿਕ ਲੋਕ ਤਿਉਹਾਰ ਬੜੀ ਖੁਸ਼ੀਆਂ ਤੇ ਚਾਵਾਂ ਨਾਲ ਮਨਾਉਂਦੇ ਹਨ| ਹੁਣ ਸਾਉਣ ਦਾ ਮਹੀਨਾ ਚੜ੍ਹਿਆ ਹੈ| ਪੰਜਾਬੀ ਸੱਭਿਆਚਾਰ ਵਿੱਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ। ਇਸ ਮਹੀਨੇ ਵਿੱਚ ਸਹੁਰੇ ਘਰ ਬੈਠੀਆਂ ਸਜ-ਵਿਆਹੀਆਂ ਦੇ ਮਨਾਂ ਅੰਦਰ ਆਪਣੇ ਪੇਕੇ ਘਰ ਜਾ ਕੇ ਆਪਣੀਆਂ ਹਾਣੀ ਕੁੜੀਆਂ ਨੂੰ ਮਿਲਣ ਦੀ ਤਾਂਘ ਵੀ ਪ੍ਰਗਟ ਹੁੰਦੀ ਹੈ| ਪਰ ਅਮੀਰ ਪੰਜਾਬੀ ਸੱÎਭਿਆਚਾਰ ‘ਤੇ ਪਏ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਨੇ ਪਿੰਡਾਂ ‘ਚੋਂ ਤੀਆਂ ਦੇ ਪਿੜ ਅਲੋਪ ਕਰ ਦਿੱਤੇ ਹਨ। ਅੱਜ ਤੋਂ ਤਿੰਨ-ਚਾਰ ਦਹਾਕੇ ਪਹਿਲਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਾਉਣ ਮਹੀਨੇ ਕੁੜੀਆਂ ਪਿੰਡ ਤੋਂ ਬਾਹਰ ਇਕੱਠੀਆਂ ਹੋ ਕੇ ਪੀਂਘਾਂ ਝੂਟਦੀਆਂ ਗਿੱਧਾ ਪਾਉਂਦੀਆਂ ਹੋਈਆਂ ਇੱਕ-ਦੂਜੀ ਨਾਲ ਦੁੱਖ ਸਾਂਝੇ ਕਰਦੀਆਂ ਸਨ। ਜਿਹੜੀਆਂ ਔਰਤਾਂ ਨੇ ਬਚਪਨ ਵਿੱਚ ਤੀਆਂ ਦਾ ਮਾਹੌਲ ਦੇਖਿਆ ਹੈ, ਉਨ੍ਹਾਂ ਦੇ ਮਨ ਵਿੱਚ ਦੁਬਾਰਾ ਤੀਆਂ ‘ਤੇ ਜਾਣ ਦਾ ਚਾਅ ਪੈਦਾ ਹੁੰਦਾ ਹੈ। ਪਿੰਡਾਂ ਦੀਆਂ ਬਜ਼ੁਰਗ ਔਰਤਾਂ ਦਾ ਦੱਸਣਾ ਹੈ ਕਿ ਪਹਿਲੇ ਸਮੇਂ ਵਿੱਚ ਔਰਤਾਂ ਨੂੰ ਸਾਉਣ ਮਹੀਨੇ ਦੀ ਉਡੀਕ ਰਹਿੰਦੀ ਸੀ| ਪਰ ਹੁਣ ਲੋਕਾਂ ਵਿੱਚੋਂ ਪਿਆਰ ਦੀ ਖਿੱਚ ਘਟਣ ਕਰ ਕੇ ਤੀਆਂ ਦਾ ਰੰਗ ਫਿੱਕਾ ਪੈ ਗਿਆ ਹੈ। ਪਿੰਡਾਂ ਦੇ ਪਿੜਾਂ ਵਿੱਚ ਤੀਆਂ ਦੇ ਖੜਾਕ ਪੈਣ ਦੀ ਥਾਂ ਹੁਣ ਇਹ ਤੀਆਂ ਸਕੂਲਾਂ, ਕਾਲਜਾਂ ਦੀਆਂ ਸਟੇਜਾਂ ਦਾ ਕੁਝ ਘੰਟੇ ਦਾ ਮਹਿਮਾਨ ਬਣ ਕੇ ਰਹਿ ਗਈਆਂ ਹਨ। ਭਾਵੇਂ ਪੰਜਾਬੀ ਸੱਭਿਆਚਾਰ ਦੇ ਹਮਦਰਦ ਇਸ ਤਿਉਹਾਰ ਨੂੰ ਜਿਉਂਦਾ ਰੱਖਣ ਲਈ ਵਿਸ਼ੇਸ਼ ਉੱਪਰਾਲੇ ਕਰਦੇ ਹੋਏ ਪੰਜਾਬ ਦੀਆਂ ਇੱਕਾ-ਦੁੱਕਾ ਥਾਵਾਂ ‘ਤੇ ਤੀਆਂ ਲਵਾ ਰਹੇ ਹਨ| ਪਰ ਟੀ. ਵੀ. ਚੈਨਲਾਂ ਦੇ ਪ੍ਰਭਾਵ ਕਾਰਨ ਜਿਹੜੀਆਂ ਕੁੜੀਆਂ ਇਨ੍ਹਾਂ ਤੀਆਂ ਦੇ ਵਿਹੜਿਆਂ ਵਿੱਚ ਆਉਂਦੀਆਂ ਵੀ ਹਨ, ਉਨ੍ਹਾਂ ਦੇ ਕੱਪੜੇ ਅਤੇ ਰਹਿਣ-ਸਹਿਣ ਦਾ ਢੰਗ ਪੱਛਮੀ ਸੱਭਿਆਚਾਰ ਵਾਲੇ ਹੋਣ ਕਰਕੇ ਤੀਆਂ ਵਿੱਚ ਪਹਿਲਾਂ ਵਾਲੀ ਧਮਾਲ ਨਹੀਂ ਪੈਂਦੀ। ਬਜ਼ੁਰਗ ਔਰਤਾਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਅੱਤਵਾਦ ਦੀ ਭੱਠੀ ਵਿੱਚ ਝੁਲਸ ਰਿਹਾ ਸੀ, ਉਸ ਸਮੇਂ ਪੰਜਾਬ ਵਿੱਚ ਤੀਆਂ ਦੀ ਧਮਾਲ ਪੈਂਦੀ ਸੀ| ਪਰ ਪੰਜਾਬ ਵਿੱਚ ਚੱਲੀ ਪੱਛਮੀ ਸੱਭਿਆਚਾਰ ਦੀ ਹਨੇਰੀ ਅੱਤਵਾਦ ਤੋਂ ਵੀ ਘਾਤਕ ਸਾਬਤ ਹੋ ਰਹੀ ਹੈ। ਵਰਤਮਾਨ ਸਮੇਂ ਇਹ ਤੀਆਂ ਨਿੱਜੀ ਸਮਾਜ ਸੇਵੀ ਸੰਸਥਾਵਾਂ ਜਾਂ ਸਕੂਲਾਂ-ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਲਗਾਈਆਂ ਜਾਂਦੀਆਂ ਹਨ| ਪਰ ਇਨ੍ਹਾਂ ਤੀਆਂ ਦੀਆਂ ਸਟੇਜਾਂ ‘ਤੇ ਕੁੜੀਆਂ ਬਿਊਟੀ ਪਾਰਲਰਾਂ ਤੋਂ ਤਿਆਰ ਹੋ ਕੇ ਬਨਾਉਟੀ ਗਹਿਣੇ ਪਾ ਕੇ ਗਿੱਧਾ ਪਾਉਂਦੀਆਂ ਹਨ, ਜਿਸ ਵਿੱਚੋਂ ਪੰਜਾਬੀ ਸੱਭਿਆਚਾਰ ਦੀ ਝਲਕ ਨਹੀਂ ਪੈਂਦੀ। ਆਉ! ਫਿਰ ਪੰਜਾਬੀ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਜਿਉਂਦਾ ਰੱਖਣ ਲਈ ਪੁਰਾਤਨ ਤੀਆਂ ਦੇ ਪਿੜਾਂ ਦੀ ਪਿੰਡ-ਪਿੰਡ ਸਥਾਪਤੀ ਕਰਨ ਲਈ ਆਪਣਾ ਯੋਗਦਾਨ ਪਾਈਏ ਤਾਂ ਜੋ ਸਾਡੇ ਅਮੀਰ ਪੰਜਾਬੀ ਸੱਭਿਆਚਾਰ ਵਿਰਸੇ ਦੀ ਪੁਰਾਤਨ ਧਾਂਕ ਕਾਇਮ ਰੱਖੀ ਜਾ ਸਕੇ। ਤੀਆਂ ਸਾਉਣ ਦੇ ਮਹੀਨੇ ਦੀ ਤੀਜ ਨੂੰ ਸ਼ੁਰੂ ਹੁੰਦੀਆਂ ਹਨ ਤੇ ਪੁੰਨਿਆਂ ਨੂੰ ਖ਼ਤਮ ਹੋ ਜਾਂਦੀਆਂ ਹਨ। ਰੀਤ ਮੁਤਾਬਕ ਮਾਪੇ ਆਪਣੀਆਂ ਧੀਆਂ ਨੂੰ ਸਾਉਣ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੇਕੇ ਲੈ ਆਉਦੇ ਹਨ। ਕੁੜੀਆਂ ਹੱਥਾਂ ਤੇ ਮਹਿੰਦੀ ਲਾਉਦੀਆਂ ਹਨ ਤੇ ਨਾਲੇ ਰੰਗ ਬਰੰਗੀਆਂ ਚੂੜੀਆਂ ਵੀ ਚੜਾਉਦੀਆਂ ਹਨ। ਫਿਰ ਸ਼ਾਮ ਨੂੰ ਤਿਆਰ ਹੋ ਕੇ ਕਿਸੇ ਸਾਂਝੀ ਥਾਂ ‘ਤੇ ਜਾਂਦੀਆਂ ਹਨ, ਪਿੱਪਲਾਂ, ਟਾਹਲੀਆਂ ਤੇ ਪੀਘਾਂ ਪਾਉਦੀਆਂ ਹਨ, ਗੋਲ ਘੇਰਾ ਬਣਾ ਕੇ ਗਿੱਧਾ ਪਾਉਦੀਆਂ ਹਨ, ਇੱਕ ਕੁੜੀ ਬੋਲੀ ਪਾਉਂਦੀ ਹੈ ਤੇ ਬਾਕੀ ਸਾਰੀਆਂ ਆਖਰੀ ਟੱਪੇ ਨੂੰ ਬਾਰ ਬਾਰ ਦੁਹਰਾ ਕੇ ਬੋਲਦੀਆਂ ਹਨ ਤੇ ਦੋ ਜਾਂ ਵੱਧ ਘੇਰੇ ਅੰਦਰ ਨੱਚਦੀਆਂ ਹਨ | ਕੁੜੀਆਂ ਘਰ ਨੂੰ ਵਾਪਸ ਜਾਂਦੀਆਂ ਵਾਰ ਵਾਰ ਰੁਕ ਰੁਕ ਕੇ ਗਿੱਧਾ ਪਾਉਂਦੀਆਂ ਜਾਂਦੀਆਂ ਤੇ ਨਾਲੇ ਗੀਤ ਗਾਉਂਦੀਆਂ ਘਰਾਂ ਨੂੰ ਜਾਂਦੀਆਂ ਹਨ। ਤੀਆਂ ਤੋਂ ਬਾਅਦ ਜਦੋਂ ਕੁੜੀਆਂ ਆਪਣੇ ਸੌਹਰੇ ਵਾਪਸ ਜਾਂਦੀਆਂ ਹਨ ਤਾਂ ਪੇਕੇ ਕੁੜੀਆਂ ਨੂੰ ਕੱਪੜੇ ਤੇ ਬਿਸਕੁਟ ਦੇ ਕੇ ਤੋਰਦੇ ਹਨ | |
ਸਵੈ-ਕਥਨ:
ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।
ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|
1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|
ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|
ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|
ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|
ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|
ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com
+91 75891 55501